ਦਿਨ-ਦਿਹਾੜੇ ਲੁੱਟਿਆ ਜਾ ਰਿਹਾ ਹੈ ਪੰਜਾਬ ਦਾ ਦਰਿਆਈ ਪਾਣੀ
4:30 AM
0
ਹਿਟਲਰ ਦੇ ਪ੍ਰਚਾਰ ਮੰਤਰੀ ਗੋਬਲਸ ਦਾ ਸਿਧਾਂਤ ਸੀ ਕਿ ਝੂਠ ਵੱਡੇ ਤੋਂ ਵੱਡਾ ਬੋਲੋ ਅਤੇ ਵਾਰ-ਵਾਰ ਬੋਲੋ, ਦੁਨੀਆਂ ਸਹਿਜੇ ਸਹਿਜੇ ਇਸੇ ਨੂੰ ਸੱਚ ਮੰਨ ਲਵੇਗੀ। ਇਹ ਸਿਧਾਂਤ ਮਨੁੱਖੀ ਮਨ ਦੀ ਡੂੰਘੀ ਗਤੀ ਉਤੇ ਅਧਾਰਿਤ ਸੀ ਕਿ ਛੋਟਾ ਮੋਟਾ ਝੂਠ ਬੋਲਣ ਲੱਗਿਆਂ ਹਰ ਇਨਸਾਨ ਧੁਰ ਅੰਦਰ ਤੱਕ ਕੰਬ ਜਾਂਦਾ ਹੈ। ਵੱਡਾ ਝੂਠ ਕਿਸੇ ਦੇ ਵੀ ਝੂਠ ਦੇ ਤਸੱਵਰ ਦੇ ਮੇਚ ਨਹੀਂ ਆਵੇਗਾ ਅਤੇ ਯਕੀਨਨ ਸੱਚ ਸਮਝਿਆ ਜਾਵੇਗਾ। ਪਿਛਲੇ ਲੰਮੇ ਸਮੇਂ ਤੋਂ ਕਈ ਤਰਕ-ਰਹਿਤ, ਸੱਚਾਈ ਤੋਂ ਕੋਹਾਂ ਦੂਰ, ਲੇਖ ਪੰਜਾਬ ਦੇ ਹੱਕਾਂ ਨੂੰ ਠੇਸ ਲਾਉਣ ਲਈ ਲਿਖੇ ਗਏ ਹਨ। ਇਹ ਸਭ ਹੋ ਰਿਹਾ ਹੈ ਉਨ੍ਹਾਂ ਲੋਕਾਂ ਵਲੋਂ ਜਿਨ੍ਹਾਂ ਦੇ ਸ਼ਾਸਤਰਾਂ ਦੇ ਪਵਿੱਤਰ ਅਲਫਾਜ਼ ‘‘ਸਤਯ ਮੇਵ ਜਯਤੇ’’ (ਸੱਚ ਦੀ ਸਦਾ ਜਿੱਤ ਹੁੰਦੀ ਹੈ) ਜਿਨ੍ਹਾਂ ਦੀ ਰਾਸ਼ਟਰੀ ਮੋਹਰ ਦਾ ਸ਼ਿੰਗਾਰ ਹਨ। ਹਾਲਤ ਨੂੰ ਵੇਖ ਕੇ ਕੋਈ ਵੀ ਤੱਤ ਵੇਤਾ ਇਹ ਆਖ ਕੇ ਕਲਮ ਤੋੜ ਦਿੰਦਾ ‘‘ਗੋਰੀ ਸੋਵੇ ਸੇਜ ਪਰ, ਮੁਖ ਪਰ ਡਾਰੇ ਕੇਸ। ਚਲ ਖੁਸਰੋ ਘਰ ਆਪਣੇ ਰੈਣ ਭਈ ਸਭ ਦੇਸ।’’ ਪਰਲੋ ਤੋਂ ਪਹਿਲਾਂ ਦਾ ਅਜਿਹਾ ਸਮਾਂ ਆ ਗਿਆ ਜਾਪਦਾ ਹੈ ਜਦੋਂ ਕਿ ਬਰਬਾਦੀ ਦੇ ਆਸਾਰ ਸਾਫ ਨਜ਼ਰ ਆ ਰਹੇ ਹਨ। ਇਨ੍ਹਾਂ ਉਤੇ ਧਿਆਨ ਕੇਂਦ੍ਰਿਤ ਕਰਨਾ ਸੱਚ ਦੀ ਫਤਹਿ ਚਾਹੁਣ ਵਾਲੇ ਹਰ ਆਦਮੀ ਦਾ ਫਰਜ਼ ਹੈ। ਜੇ ਇਸੇ ਤਰ੍ਹਾਂ ਏਡੇ ਏਡੇ ਝੂਠ ਬੇਸ਼ਰਮੀ ਦਾ ਨੰਗਾ ਨਾਚ ਕਰਦੇ ਰਹੇ ਤਾਂ ਏਸ ਮੁਲਕ ਦੇ ਪਾਪਾਂ ਨਾਲ ਜ਼ਰਜਰੇ ਬੇੜੇ ਨੂੰ ਗਰਕ ਹੋਣ ਤੋਂ ਕੋਈ ਸ਼ਕਤੀ ਨਹੀਂ ਬਚਾ ਸਕਦੀ। ਖਬਰਦਾਰ ! ਹੁਸ਼ਿਆਰ!! ਨਟਰਾਜ ਦੇ ਪੈਰ ਥਿਰਕ ਰਹੇ ਹਨ ਅਤੇ ਡੌਰੂ ਤਾਂਡਵ ਦਾ ਸੁਨੇਹਾ ਦੇਣ ਲਈ ਬੁੱਲ੍ਹ ਸਵਾਰ ਰਿਹਾ ਹੈ। ਇੱਕ ਤਹਿਜ਼ੀਬ ਆਪਣੇ ਹੀ ਖੰਜਰ ਨਾਲ ਖੁਦਕੁਸ਼ੀ ਕਰਨ ਲੱਗੀ ਹੈ।
1947-48 ਤੋਂ ਲੈ ਕੇ ਆਨੰਦਪੁਰ ਸਾਹਿਬ ਦੇ ਮਤੇ ਤੱਕ ਜੋ ਸੰਘਵਾਦ ਦਾ ਬਹੁਕੌਮੀ ਸਿਧਾਂਤ ਅਕਾਲੀਆਂ ਨੇ ਪ੍ਰਚਾਰਿਆ ਹੈ ਅੱਧੀ ਸਦੀ ਭਟਕਣ ਪਿੱਛੋਂ ਸਾਰੇ ਦਾ ਸਾਰਾ ਹਿੰਦੁਸਤਾਨ ਇਸ ਉੱਤੇ ਇਮਾਨ ਲਿਆਉਣ ਵੱਲ ਵਧਦਾ ਜਾਪਦਾ ਹੈ। ‘‘ਵੱਡੀ ਦ੍ਰਿਸ਼ਟੀ’’ ਵਾਲਿਆਂ ਦੀ ਮਿਹਰਬਾਨੀ ਨੇ ਸਦੀਆਂ ਤੋਂ ਅਖੰਡ ਚਲੇ ਆ ਰਹੇ ਭਾਰਤ ਨੂੰ ਤਿੰਨ ਟੁਕੜਿਆਂ ਵਿੱਚ 1947 ਵਿੱਚ ਵੰਡਿਆ ਅਤੇ ਅੱਜ ਘੱਟੋ ਘੱਟ ਪੰਜਾਬ ਟੁਕੜਿਆਂ ਵਿੱਚ ਵੰਡਣ ਦੇ ਕਿਨਾਰੇ ਲਿਆ ਖੜ੍ਹਾ ਕੀਤਾ ਹੈ। ਏਨੇ ਸਮੇਂ ਵਿੱਚ ‘‘ਨਿਸ਼ਚਿਤ ਸਮਾਜਿਕ-ਰਾਜਨੀਤਕ ਦਰਸ਼ਨ’’ ਧਾਰੀਆ ਨੇ ਆਪਣੇ ਸਾਂਝੇ ਪੁਰਖਿਆਂ ਦੀ ਔਲਾਦ ਦੇ ਖੂਨ ਨਾਲ ਲੱਖਾਂ ਵਾਰ ਹੱਥ ਰੰਗੇ ਹਨ, ਗਲਾਂ ਵਿੱਚ ਟਾਇਰ ਪਾ ਕੇ ਸਾੜਿਆ ਹੈ। ਸਿੱਖ ਸਮਾਜਿਕ ਅਤੇ ਰਾਜਨੀਤਕ ਦਰਸ਼ਨ ਦੇ ਅਸਰ ਹੇਠ ਤਕਰੀਬਨ ਏਨਾ ਕੁ ਸਮਾਂ ਰਾਜ ਕਰਨ ਵਾਲੇ ਰਣਜੀਤ ਸਿੰਘ ਬਾਰੇ ਲਾਰਡ ਐਕਟਨ ਕਹਿੰਦਾ ਹੈ ਕਿ ਉਸ ਨੇ ਕਿਸੇ ਵੀ ਬੇਨਗੁਨਾਹ (ਜਾਂ ਗੁਨਾਹਗਾਰ) ਇਨਸਾਨ ਦੇ ਖੂਨ ਦੇ ਛਿੱਟੇ ਨੂੰ ਸਿੱਖੀ ਦੇ ਪਾਕ ਦਾਮਨ ਉਤੇ ਨਹੀਂ ਪੈਣ ਦਿੱਤਾ। ਖੈਰ ! ਇਹ ਤਾਂ ਸੀ ਗੱਲਾਂ ਵਿੱਚੋਂ ਗੱਲ। ਅਸਲ ਮਸਲਾ ਤਾਂ ਦਰਿਆਈ ਪਾਣੀਆਂ ਦਾ ਹੈ। ਪੰਜਾਬ ਦੋਖੀਆਂ ਦਾ ਵਿਚਾਰ ਹੈ ਕਿ ਹਰਿਆਣੇ ਨੂੰ ‘‘ਇਨ੍ਹਾਂ ਪਾਣੀਆਂ ਨੂੰ ਵਰਤਣ ਦਾ ਪੂਰਾ ਹੱਕ ਹੈ।’’ ਸੱਚ ਝੂਠ ਦੀ ਪਛਾਣ ਲਈ ਇਸ ਕਥਨ ਦੇ ਆਧਾਰਾਂ ਦੀ ਘੋਖ ਪੜਤਾਲ ਲਾਜ਼ਮੀ ਹੈ।
ਸਾਰੀ ਸਭਿਆ ਦੁਨੀਆਂ ਦੇ ਦਰਿਆਵਾਂ ਉੱਤੇ ਰਾਏਪੇਰੀਅਨ ਕਾਨੂੰਨ ਲਾਗੂ ਹੁੰਦਾ ਹੈ। ਗਹੁ ਨਾਲ ਵੇਖਿਆਂ ਬੇਸਿਨ ਸਿਧਾਂਤ ’ਚ ਵੀ ਇਸ ਤੋਂ ਫਰਕ ਨਹੀਂ। 1958 ਵਿੱਚ ਅੰਤਰਰਾਸ਼ਟਰੀ ਕਾਨੂੰਨ ਐਸੋਸੀਏਸ਼ਨ ਨੇ ਬੇਸਿਨ ਦੀ ਜੋ ਵਿਆਖਿਆ ਕੀਤੀ ਹੈ, ਉਸ ਅਨੁਸਾਰ ਹਰਿਆਣਾ ਪ੍ਰਾਂਤ ਨੂੰ ਕਿਸੇ ਤਰ੍ਹਾਂ ਵੀ ਪੰਜਾਬ ਨਾਲ ਦਾ ਬੈਸਨ ਸਟੇਟ ਨਹੀਂ ਕਿਹਾ ਜਾ ਸਕਦਾ ਕਿਉਂਕਿ ਹਰਿਆਣਾ ਦਾ ਕੋਈ ਵੀ ਐਸਾ ਦਰਿਆ ਨਹੀਂ ਜਿਸ ਦਾ ਪਾਣੀ ਆਖਰ ਉਸੇ ਥਾਂ ਜਾ ਕੇ ਪੈਂਦਾ ਹੋਵੇ ਜਿੱਥੇ ਪੰਜਾਬ ਦੇ ਦਰਿਆਵਾਂ ਦਾ ਪਾਣੀ ਪੈਂਦਾ ਹੈ। ਪੰਜਾਬ ਰਾਵੀ-ਬਿਆਸ-ਸਤਲੁਜ ਬੇਸਿਨ ਦਾ ਹਿੱਸਾ ਹੈ ਅਤੇ ਹਰਿਆਣਾ ਗੰਗਾ-ਯਮੁਨਾ ਬੇਸਿਨ ਦਾ। ਦੋਹਾਂ ਦੇ ਵਿਚ ਵਿਚਾਲੇ ਘੱਗਰ ਬੇਸਿਨ ਵੀ ਹੈ। ਇਸ ਦੇ ਆਸੇ ਪਾਸੇ ਦੇ ਇਲਾਕਿਆਂ ਦੀ ਸਾਂਝੀ ਬੇਸਿਨ ਹੋਣੀ ਭੂਗੋਲਿਕ ਤੌਰ ’ਤੇ ਹੀ ਸੰਭਵ ਨਹੀਂ। ਬੇਸਿਨ ਦੇ ਕਿਸੇ ਸਿਧਾਂਤ ਅਨੁਸਾਰ ਹਰਿਆਣੇ ਦਾ ਪੰਜਾਬ ਦੇ ਦਰਿਆਈ ਪਾਣੀ ਉੱਤੇ ਉੱਕਾ ਹੱਕ ਨਹੀਂ ਬਣਦਾ। ਤਰਕ ਤਾਣ ਏਥੇ ਟੁਟਦੀ ਹੈ ਕਿ 1966 ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਇਕੱਠੇ ਸਨ, ਇਸ ਲਈ ਹਰਿਆਣੇ ਨੂੰ ਰਾਵੀ-ਬਿਆਸ ਸਤਲੁਜ ਦਾ ਪਾਣੀ ਵਰਤਣ ਦਾ ਹੱਕ ਹੈ। ਜੇ ਏਵੇਂ ਹੋਵੇ ਤਾਂ ਪੰਜਾਬ ਨੂੰ ਵੀ ਯਮੁਨਾ ਦਾ ਪਾਣੀ ਵਰਤਣ ਦਾ ਹੱਕ ਹੈ। 1966 ਤੋਂ ਪਹਿਲਾਂ ਪੰਜਾਬ ਦਾ ਇਲਾਕਾ ਗੰਗਾ-ਯਮੁਨਾ ਬੇਸਨ ਵਿੱਚ ਪੈਂਦਾ ਸੀ ਅਤੇ ਰਾਇਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦੇ ਹਿੱਸੇ 56 ਲੱਖ ਏਕੜ ਫੁੱਟ ਯਮੁਨਾ ਦਾ ਪਾਣੀ ਆਉਂਦਾ ਸੀ। ਜੇ ਸੱਠ ਚਾਲੀ ਤਨਾਸਬ ਵਿੱਚ ਇਸ ਨੂੰ ਵੰਡਿਆ ਜਾਵੇ ਤਾਂ ਸਤਲੁਜ-ਯਮੁਨਾ ਲਿੰਕ ਨਹਿਰ ਦੀ ਲੋੜ ਨਹੀਂ ਰਹਿੰਦੀ ਕਿਉਂਕਿ ਪੰਜਾਬ ਦੇ ਹਿੱਸੇ ਦਾ ਸੱਠ ਪ੍ਰਤੀਸ਼ਤ ਪਾਣੀ ਹਰਿਆਣਾ ਯਮੁਨਾ ਵਿੱਚੋਂ ਲੈ ਸਕਦਾ ਹੈ। ਪ੍ਰੰਤੂ ਅਸਲੀਅਤ ਇਹ ਹੈ ਕਿ ਯਮੁਨਾ ਦੇ ਪਾਣੀ ਉੱਤੇ ਅੱਜ ਦੇ ਪੰਜਾਬ ਦਾ ਕੋਈ ਹੱਕ ਨਹੀਂ ਕਿਉਂਕਿ ਪੰਜਾਬ ਦਾ ਕੋਈ ਵੀ ਇਲਾਕਾ ਗੰਗਾ-ਯਮੁਨਾ ਬੇਸਿਨ ਵਿੱਚ ਨਹੀਂ ਪੈਂਦਾ ਅਤੇ ਇਸੇ ਕਾਰਨ ਹਰਿਆਣੇ ਦਾ ਪੰਜਾਬ ਦੇ ਦਰਿਆਈ ਪਾਣੀ ਦੀ ਇੱਕ ਬੂੰਦ ਉੱਤੇ ਵੀ ਕੋਈ ਹੱਕ ਨਹੀਂ ਬਣਦਾ।
ਰਾਇਪੇਰੀਅਨ ਕਾਨੂੰਨ ਨੂੰ ਅੰਤਰਰਾਸ਼ਟਰੀ ਹੇਲਸਿੰਕੀ ਨੇਮ, ਬਰਤਾਨੀਆਂ ਦਾ ਕੌਮਨ ਕਾਨੂੰਨ, ਅਮਰੀਕਾ, ਕੈਨੇਡਾ, ਆਸਟਰੇਲੀਆ, ਰੂਸ ਅਤੇ ਹਿੰਦੁਸਤਾਨ ਦੇ ਸੰਵਿਧਾਨ ਮਨਜ਼ੂਰ ਕਰਦੇ ਹਨ। ਬਰਾਬਰ, ਹੈਫਰ, ਸਟਾਰਕ, ਸਮੀਸਰਾਇਨ ਵਰਗੇ ਸਾਰੇ ਮਹਾਨ ਕਾਨੂੰਨਦਾਨ ਤਸਲੀਮ ਕਰਦੇ ਹਨ। ਇਸ ਕਾਨੂੰਨ ਦਾ ਸਿੱਧਾ ਆਧਾਰ ਹੈ ਕਿ ਦਰਿਆਵਾਂ ਦੇ ਕਿਨਾਰਿਆਂ ਉੱਤੇ ਵੱਸਦੇ ਲੋਕ ਸਦੀਆਂ ਤੋਂ ਹੜ੍ਹਾਂ ਆਦਿ ਦੀ ਮਾਰ ਸਹਿੰਦੇ ਹਨ ਅਤੇ ਦਰਿਆਵਾਂ ਦੇ ਕਹਿਰ ਦਾ ਕਸ਼ਟ ਭੋਗਦੇ ਹੋਏ ਜਾਨ ਮਾਲ ਇਨ੍ਹਾਂ ਦੀ ਭੇਟ ਚੜ੍ਹਾਉਂਦੇ ਹਨ। ਇਸ ਲਈ ਪਾਣੀਆਂ ਤੋਂ ਫਾਇਦਾ ਉਠਾਉਣ ਦਾ ਪਹਿਲਾ ਹੱਕ ਇਨ੍ਹਾਂ ਦਾ ਹੀ ਬਣਦਾ ਹੈ। ਮਸਲਿਨ 1988 ਵਿੱਚ ਹੜ੍ਹ ਆਏ ਜਿਨ੍ਹਾਂ ਨਾਲ ਜਾਨੀ ਨੁਕਸਾਨ ਤੋਂ ਇਲਾਵਾ ਕੇਵਲ ਅਤੇ ਕੇਵਲ ਪੰਜਾਬ ਦਾ 36 ਬਿਲੀਅਨ ਰੁਪਏ ਦਾ ਨੁਕਸਾਨ ਹੋਇਆ। ਪਾਣੀ ਲੈਣ ਲਈ ਰਾਜਸਥਾਨ ਤੇ ਹਰਿਆਣਾ ਸਭ ਤੋਂ ਅੱਗੇ ਪਰ ਨੁਕਸਾਨ ਜਰਨ ਲਈ ਪੰਜਾਬ। ਹੜ੍ਹ ਬਾਰੇ ਇੱਕ ਸਵਾਲ ਉੱਠਿਆ ਸੀ ਕਿ ਰਾਜਸਥਾਨ ਨਹਿਰ ਵਿੱਚ ਵੱਧ ਪਾਣੀ ਛੱਡ ਕੇ ਹੜ੍ਹ ਦੀ ਮਾਰ ਨੂੰ ਘਟਾਉਣ ਬਦਲੇ ਰਾਜਸਥਾਨ ਫੀਡਰ ਨੂੰ ਬੰਦ ਕਿਉਂ ਕੀਤਾ ਗਿਆ ਤਾਂ ਜੁਆਬ ਮਿਲਿਆ ਸੀ ਕਿ ਏਨੇ ਤਰੱਦਦ ਨਾਲ ਬਣੀ ਰਾਜਸਥਾਨ ਨਹਿਰ ਰੇਤ ਨਾਲ ਭਰੀ ਜਾਣੀ ਸੀ। ਮੰਡੇ ਖਾਣ ਨੂੰ ਬਾਂਦਰੀ ਅਤੇ ਡੰਡੇ ਖਾਨ ਨੂੰ ਰਿੱਛ।
ਇਹੋ ਰਾਇਪੇਰੀਅਨ ਸਿਧਾਂਤ ਹਿੰਦੁਸਤਾਨ ਦੇ ਸੰਵਿਧਾਨ ਵਿੱਚ ਦਰਜ ਹੈ। ਨਰਮਦਾ ਪਾਣੀ ਦੀ ਵੰਡ ਦਾ ਮਸਲਾ ਸੁਪਰੀਮ ਕੋਰਟ ਦੇ ਜੱਜਾਂ ਕੋਲ ਸੀ। ਰਾਜਸਥਾਨ ਨੇ ਵੀ ਹਿੱਸਾ ਮੰਗਿਆ। ਜੁਆਬ ਮਿਲਿਆ ਕਿ ਰਾਜਸਥਾਨ ਨੂੰ ਪਾਣੀ ਨਹੀਂ ਮਿਲ ਸਕਦਾ ਕਿਉਂਕਿ ਰਾਜਸਥਾਨ ਰਾਇਪੇਰੀਅਨ ਸੂਬਾ ਨਹੀਂ। ਰਾਜਸਥਾਨ ਨੇ ਤਰਕ ਦਿੱਤਾ ਕਿ ਉਸ ਨੂੰ ਪੰਜਾਬ ਦੇ ਦਰਿਆਵਾਂ ਦਾ ਪਾਣੀ ਵੀ ਤਾਂ ਮਿਲਦਾ ਹੈ। (ਹਾਲਾਂਕਿ ਉਹ ਉੱਥੇ ਵੀ ਰਾਇਪੇਰੀਅਨ ਨਹੀਂ) ਸੁਪਰੀਮ ਕੋਰਟ ਨੇ ਇਹ ਤਾਂ ਨਹੀਂ ਕਿਹਾ ਕਿ ਪੰਜਾਬ ਤਾਂ ਸਿੱਖਾਂ ਦਾ ਸੂਬਾ ਹੈ ਅਤੇ ਇਸ ਕਾਰਨ ਦਾਰੁਲ-ਹਰਬ ਹੈ - ਜਿੱਥੇ ਹਰ ਲੁੱਟ-ਖਸੁੱਟ, ਮਾਰ ਕੁੱਟ ਕਰਨੀ ਜਾਇਜ਼ ਹੀ ਨਹੀਂ ਗਵਾਂਢੀ ਹਿੰਦੂ ਸੂਬਿਆਂ ਦਾ ਪਰਮੋ ਧਰਮ ਵੀ ਹੈ, ਪਰ ਸ਼ਾਇਰਤਾ ਬੋਲੀ ਵਿੱਚ ਏਨਾ ਹੀ ਕਿਹਾ ਕਿ ਦਰਅਸਲ ਪਾਣੀ ਉੱਥੇ ਵੀ ਪੰਜਾਬ ਦੇ ਦੇਣ ਉੱਤੇ ਮਿਲ ਰਿਹਾ ਹੈ, ਇੱਥੇ ਨਹੀਂ ਮਿਲ ਸਕਦਾ। ਕਾਨੂੰਨਨ ਪੰਜਾਬ ਦੇ ਪਾਣੀਆਂ ਸਬੰਧੀ ਹਰਿਆਣਾ ਵੀ ਮੁਕੰਮਲ ਤੌਰ ’ਤੇ ਉੱਤੇ ਗੈਰ-ਰਾਇਪੇਰੀਅਨ ਹੈ। ਕੁੱਝ ਸੱਜਣ ਦਲੀਲ ਦੇਂਦੇ ਹਨ, ‘‘ਕਦੇ ਹਰਿਆਣਾ ਪੰਜਾਬ ਦਾ ਹਿੱਸਾ ਰਿਹਾ ਹੈ।’’ ਇਹ ਤਰਕ ਕਾਨੂੰਨ ਨੂੰ ਨਹੀਂ ਬਦਲ ਸਕਦਾ। ਜੇ ਕਿਤੇ ਹਰਿਆਣਾ ਅੱਜ ਵੀ ਪੰਜਾਬ ਦਾ ਹਿੱਸਾ ਹੁੰਦਾ ਤਾਂ ਵੀ ਪਾਣੀ ਨੂੰ ਵਰਤਣ ਦਾ ਪਹਿਲਾ ਹੱਕ ਦਰਿਆਵਾਂ ਦੇ ਕਿਨਾਰਿਆਂ ਉੱਤੇ ਵਸਦੇ ਲੋਕਾਂ ਦਾ ਅਤੇ ਉਨ੍ਹਾਂ ਤੋਂ ਬਾਅਦ ਅਗਲਿਆਂ ਦਾ ਹੁੰਦਾ। ਦੱਖਣੀ ਕੈਲੀਫੋਰਨੀਆਂ ਵਿੱਚ ਕੇਂਦਰੀ ਅਮਰੀਕਨ ਸਰਕਾਰ ਦੇ ਕੁੱਝ ਬਾਗ ਅਤੇ ਜ਼ਮੀਨਾਂ ਹਨ। ਉਨ੍ਹਾਂ ਨੂੰ ਪਾਣੀ ਦੇਣ ਲਈ ਕੇਂਦਰ ਸਰਕਾਰ ਨੇ ਸੂਬੇ ਦੀ ਸਰਕਾਰ ਕੋਲੋਂ ਪਾਣੀ ਮੰਗਿਆ ਅਤੇ ਪੂਰੇ ਇੱਕ ਸੌ ਸਾਲ ਤਰਲੇ ਕੱਢਦੀ ਰਹੀ। ਸੂਬੇ ਦੀ ਸਰਕਾਰ ਨੇ ਕਿਹਾ ਕਿ ਭਾਵੇਂ ਇਹ ਸਾਡੇ ਹੀ ਸੂਬੇ ਦੀ ਜ਼ਮੀਨ ਹੈ ਪਰ ਅਸੀਂ ਪਾਣੀ ਕਾਨੂੰਨ ਅਨੁਸਾਰ ਉਸ ਤੋਂ ਨੇੜੇ ਵੱਸਦੇ ਲੋਕਾਂ ਨੂੰ ਹੀ ਦੇ ਸਕਦੇ ਹਾਂ। ਨਿਆਂ ਦੇ ਆਸਰੇ ਹੀ ਤਾਂ ਧਰਤੀ ਖੜੀ ਹੈ। ਸੌ ਸਾਲ ਬਾਅਦ ਫਰਵਰੀ 1988 ਵਿੱਚ ਕਿਸੇ ਅਦਾਲਤ ਨੇ ਤਰਸ ਖਾ ਕੇ ਪਾਣੀ ਦਿੱਤਾ ਪਰ ਇਹ ਸਪੱਸ਼ਟ ਕਰਕੇ ਇਹ ਕੇਵਲ ਮੰਗਤੇ ਨੂੰ ਭੀਖ ਦਿੱਤੀ ਜਾ ਰਹੀ ਹੈ। ਵਰਨਾ ਪਹਿਲਾਂ ਪਾਣੀ ਵਰਤਣ ਵਾਲਿਆਂ ਦੇ ਹੱਕ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।
ਇਸ ਫੈਸਲੇ ਵਿਰੁੱਧ ਅਪੀਲ ਵੀ ਹੋਵੇਗੀ। ਇਹ ਸਾਰਾ ਕੁੱਝ ਉਸੇ ਕਾਨੂੰਨ ਅਧੀਨ ਹੈ ਜੋ ਹਿੰਦੁਸਤਾਨ ਵਿੱਚ ਵੀ ਲਾਗੂ ਹੈ। ਦੂਰ ਜਾ ਕੇ ਪਾਣੀ ਦੀ ਕਲਿਆਣਕਾਰੀ ਸ਼ਕਤੀ ਘੱਟ ਜਾਂਦੀ ਹੈ। ਡੇਵਿਡ ਲਿਲੀਅਨਥਾਲ ਜੋ ਕਿ ਟਨੈਸੀ ਵੈਲੀ ਅਥਾਰਿਟੀ ਦੇ ਚੇਅਰਮੈਨ ਸਨ, ਨੂੰ ਰਾਜਸਥਾਨ ਨਹਿਰ ਦਾ ਮੁਲਾਂਕਣ ਕਰਨ ਲਈ ਕਿਹਾ ਗਿਆ ਤਾਂ ਉਨ੍ਹਾਂ ਹੋਰਨਾਂ ਤਰਕਾਂ ਦੇ ਨਾਲ-ਨਾਲ ਇਹ ਵੀ ਕਿਹਾ ਕਿ ਰਾਜਸਥਾਨ ਪਹੁੰਚਦਾ-ਪਹੁੰਚਦਾ ਅੱਧਾ ਪਾਣੀ ਹਵਾ ਵਿੱਚ ਉੱਡ ਜਾਵੇਗਾ। ਉੱਥੇ ਜਾ ਕੇ ਏਨੀ ਫਸਲ ਨਹੀਂ ਉਗਾ ਸਕਦਾ ਜਿੰਨੀ ਪੰਜਾਬ ਵਿੱਚ। ਉਸ ਦੇ ਵਿਚਾਰਾਂ ਦੀ ਪੁਸ਼ਟੀ ਵਿਸ਼ਵ ਬੈਂਕ ਦੇ ਯੂਜੀਨ ਬਲੈਕ ਨੇ ਵੀ ਕੀਤੀ। ਇਹ ਤਾਂ ਸਾਰੇ ਹੀ ਜਾਣਦੇ ਹਨ ਕਿ ਜਿੱਥੇ ਪੰਜਾਬ ਇੱਕ ਹੈਕਟੇਅਰ ਵਿੱਚੋਂ 3664 ਕਿਲੋਗ੍ਰਾਮ ਕਣਕ ਪੈਦਾ ਕਰਦਾ ਹੈ, ਬਾਕੀ ਸੂਬੇ ਮੁਸ਼ਕਲ ਨਾਲ 1000 ਕਿਲੋਗ੍ਰਾਮ ਕਰਦੇ ਹਨ। ਪਰ ਤਰਕ, ਕਾਨੂੰਨ ਆਦਿ ਦੀ ਇੱਥੇ ਕੋਈ ਵੁੱਕਤ ਨਹੀਂ। ਪੰਜਾਬ ਹੋਇਆ ਜੁ ਦਾਰੁਲ-ਹਰਬ।
1955 ਵਿੱਚ ਪਾਕਿਸਤਾਨ ਨਾਲ ਵਿਵਾਦ ਸਿਖਰ ਉੱਤੇ ਸੀ। ਹਿੰਦੁਸਤਾਨ ਅੰਤਰਰਾਸ਼ਟਰੀ ਕਮਿਸ਼ਨ ਦੇ ਮਨ ਵਿੱਚ ਵਸਾਉਣਾ ਚਾਹੁੰਦਾ ਸੀ ਕਿ ਉਸ ਨੂੰ ਪਾਣੀ ਦੀ ਸਖ਼ਤ ਲੋੜ ਹੈ। ਬੜੀ ਕਾਹਲੀ ਵਿੱਚ ਉਪ ਸਕੱਤਰਾਂ ਦੀ ਇੱਕ ਮੀਟਿੰਗ ਕੀਤੀ ਗਈ ਅਤੇ ਇੰਡਸ-ਵਾਟਰ ਕਮਿਸ਼ਨ ਦੇ ਉਦਾਲੇ ਮਾਇਆ ਜਾਲ ਬੁਣਨ ਲਈ ਫੈਸਲਾ ਕੀਤਾ ਗਿਆ ਕਿ 80 ਲੱਖ ਏਕੜ ਫੁੱਟ ਪਾਣੀ ਰਾਜਸਥਾਨ ਵਿੱਚ ਵਰਤਿਆ ਜਾਵੇਗਾ। ਅਜਿਹੀ ਅਤੇ ਇਉਂ ਕੀਤੀ ਮੀਟਿੰਗ ਦੀ ਕਾਰਵਾਈ ਵਿੱਚ ਵੀ ਇਹ ਲਿਖਿਆ ਹੈ ਕਿ ਪੰਜਾਬ ਆਪਣੀਆਂ ਲੋੜਾਂ ਪੂਰੀਆਂ ਕਰਨ ਤੋਂ ਬਾਅਦ ਹੀ ਰਾਜਸਥਾਨ ਨੂੰ ਪਾਣੀ ਦੇਵੇਗਾ। ਅੰਤਰਰਾਜੀ ਫੈਸਲਿਆਂ ਨੂੰ ਕਰਨ ਦੀ ਵਿਧੀ ਵੀ ਭਾਰਤ ਦੇ ਸੰਵਿਧਾਨ ਵਿੱਚ ਦਰਜ ਹੈ। ਚੁਣੇ ਹੋਏ ਨੁਮਾਇੰਦਿਆਂ ਰਾਹੀਂ ਇਹ ਫੈਸਲੇ ਹੁੰਦੇ ਹਨ, ਉਪ-ਸਕੱਤਰਾਂ ਦੀ ਮੀਟਿੰਗ ਦੀਆਂ ਕਾਰਵਾਈਆਂ ਰਾਹੀਂ ਨਹੀਂ। ਰਾਜਸਥਾਨ ਨੂੰ ਪਾਣੀ ਦੇਣ ਦਾ ਫੈਸਲਾ ਕਦਾਚਿਤ ਕਾਨੂੰਨੀ, ਸੰਵਿਧਾਨਕ ਜਾਂ ਜਾਇਜ਼ ਫੈਸਲਾ ਨਹੀਂ। 1955 ਵਿੱਚ ਇਸ ਦਾ ਹੋਣਾ ਦੱਸਦਾ ਹੈ ਕਿ ਪੰਜਾਬ ਉੱਤੇ ਕੇਂਦਰ ਦੀ ਉਦੋਂ ਵੀ ਕੈਰੀ ਅੱਖ ਸੀ। ਡੁੱਬੀ ਤਾਹੀਏਂ ਜੇ ਸਾਹ ਨਾ ਆਇਆ। ਅਸੀਂ ਜਾਣਦੇ ਹਾਂ ਕਿ 1947 ਵਿੱਚ ਆਪਣੀ ਕਿਸਮਤ ਹਿੰਦੁਸਤਾਨ ਨਾਲ ਜੋੜਨ ਤੋਂ ਬਾਅਦ ਅਸੀਂ ਪਲ-ਪਲ ਮਜ਼ਬੂਰ ਅਤੇ ਨਿਤਾਣੇ ਹੁੰਦੇ ਗਏ।
ਪੰਜਾਬ ਪੁਨਰਗਠਨ ਐਕਟ ਵਿੱਚ 78, 79 ਅਤੇ 80 ਧਾਰਾਵਾਂ ਅਜਿਹੀਆਂ ਹਨ ਜਿਹੋ ਜਿਹੀਆਂ ਹੋਰ ਕਿਸੇ ਪੁਨਰਗਠਨ ਐਕਟ ਵਿੱਚ ਨਹੀਂ ਹਨ। ਇਹ ਸੰਵਿਧਾਨ ਦੀ ਸਪਸ਼ਟ ਉਲੰਘਣਾ ਕਰਦੀਆਂ ਹਨ ਅਤੇ ਇਸ ਲਈ ਮੁੱਢੋਂ ਖਾਰਜ ਹਨ। ਧਾਰਾ 78 ਅਧੀਨ ਵੀ ਕੇਂਦਰ ਸਰਕਾਰ ਸਿਰਫ ਭਾਖੜਾ ਪ੍ਰਾਜੈਕਟ ਬਾਰੇ ਆਪਣਾ ਫੈਸਲਾ ਦੇ ਸਕਦੀ ਹੈ। ਇਸ ਲਈ 24 ਮਾਰਚ 1976 ਦਾ ਕੇਂਦਰ ਸਰਕਾਰ ਦਾ ਫੈਸਲਾ ਮੁਕੰਮਲ ਤੌਰ ’ਤੇ ਅਧਿਕਾਰ ਰਹਿਤ ਹੈ। ਨਾ ਤਾਂ 78 ਧਾਰਾ ਪ੍ਰਾਜੈਕਟ ਏਰੀਆ ਤੋਂ ਬਾਹਰ ਪਾਣੀ ਦੀ ਵੰਡ ਦਾ ਅਧਿਕਾਰ ਕੇਂਦਰ ਨੂੰ ਦਿੰਦੀ ਹੈ ਅਤੇ ਨਾ 78 ਧਾਰਾ ਸੰਵਿਧਾਨ ਦੀ ਕਸੌਟੀ ਉੱਤੇ ਖਰੀ ਉਤਰਦੀ ਹੈ। ਫੇਰ ਵੀ ਫੈਸਲਾ ਹੋਇਆ ਅਤੇ ਹਰਿਆਣੇ ਤੋਂ ਇਲਾਵਾ ਦਿੱਲੀ, ਜੰਮੂ ਅਤੇ ਰਾਜਸਥਾਨ ਨੂੰ ਵੀ ਪਾਣੀ ਦਿੱਤਾ ਗਿਆ ਜਿਨ੍ਹਾਂ ਰਾਜਾਂ ਦਾ ਨਾ ਪੁਨਰਗਠਨ ਐਕਟ ਨਾਲ ਸਬੰਧ ਹੈ ਨਾ ਉਸ ਵਿੱਚ ਇਨ੍ਹਾਂ ਦਾ ਜ਼ਿਕਰ ਹੈ। ਇਸ ਫੈਸਲੇ ਸਬੰਧੀ ਤਾਂ ਇਹੋ ਕਿਹਾ ਜਾ ਸਕਦਾ ਹੈ ਕਿ ਚੋਰਾਂ ਦੇ ਕੱਪੜੇ ਸਨ ਡਾਂਗਾਂ ਦੇ ਗਜ਼ ਵਰਤੇ ਗਏ। ਗੁਰਬਾਣੀ ਦਾ ਫੁਰਮਾਨ ਹੈ ‘‘ਹੁਕਮ ਕੀਏ ਮਨ ਭਾਵਦੇ, ਰਾਹ ਭੀੜੈ ਅਗੇ ਜਾਵਣਾ।’’
ਅਸਲੀਅਤ ਇਹ ਹੈ ਕਿ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 ਅਤੇ 80 ਨੂੰ ਪੰਜਾਬ ਦੀ ਆਕਾਲੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਵੰਗਾਰਿਆ ਸੀ। ਕਾਨੂੰਨੀ ਮਾਹਿਰ ਜਾਣਦੇ ਹਨ ਕਿ ਸੁਪਰੀਮ ਕੋਰਟ ਨੂੰ ਇਹ ਧਾਰਾਵਾਂ ਗੈਰ-ਸੰਵਿਧਾਨਕ ਆਖਣੀਆਂ ਪੈਣੀਆਂ ਸਨ ਅਤੇ ਇਉਂ ਹਰਿਆਣੇ ਨੂੰ ਇੱਕ ਤੁਪਕਾ ਵੀ ਪੰਜਾਬ ਦੇ ਪਾਣੀ ਦਾ ਨਹੀਂ ਸੀ ਮਿਲ ਸਕਣਾ। ਹਰਿਆਣੇ ਦੀ ਪਰਮ ਹੇਤੂ ਸ੍ਰੀਮਤੀ ਇੰਦਰਾ ਗਾਂਧੀ ਨੇ ਦਰਬਾਰਾ ਸਿੰਘ ਉੱਤੇ ਬਹੁਤ ਜ਼ੋਰ ਪਾਇਆ ਕਿ ਉਹ ਮੁਕੱਦਮਾ ਵਾਪਸ ਲੈ ਲਵੇ। (1980 ਵਿੱਚ ਦਿੱਲੀ ਅਤੇ ਪੰਜਾਬ ਵਿੱਚ ਫੇਰ ਕਾਂਗਰਸੀ ਸਰਕਾਰਾਂ ਬਣ ਚੁੱਕੀਆਂ ਸਨ)। ਦਰਬਾਰਾ ਸਿੰਘ ਨੇ ਅੱਡੀਆਂ ਚੁੱਕ ਕੇ ਇਉਂ ਫਾਹਾ ਲੈਣ ਤੋਂ ਟਾਲਮਟੋਲ ਕੀਤੀ ਤਾਂ ਸ੍ਰੀਮਤੀ ਇੰਦਰਾ ਗਾਂਧੀ ਨੇ ਪਿਸਤੌਲ ਦੀ ਨਾਲ ਉਸ ਦੀ ਹਿੱਕ ਉੱਤੇ ਰੱਖ ਦਿੱਤੀ। ਉਸ ਨੂੰ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਤੋਂ ਲਾਹ ਦਿੱਤਾ ਗਿਆ ਅਤੇ ਮੁੱਖ ਮੰਤਰੀ ਪਦ ਤੋਂ ਬਰਖਾਸਤ ਕਰਨ ਦੀ ਧਮਕੀ ਦਿੱਲੀ ਬੁਲਾ ਕੇ ਦਿੱਤੀ ਗਈ। ਸਾਰੀ ਉਮਰ ਦੀ ਜਦੋ ਜਹਿਦ ਤੋਂ ਬਾਅਦ ਮੁੱਖ ਮੰਤਰੀ ਬਣਿਆ ਦਰਬਾਰਾ ਸਿੰਘ ਡੋਲ ਗਿਆ। ਇਉਂ ਹੋਇਆ 31 ਦਸੰਬਰ 1981 ਦਾ ਫੈਸਲਾ, ਜਿਸ ਨੂੰ ਰੱਦ ਕਰਵਾਉਣ ਲਈ ਅਕਾਲੀਆਂ ਨੇ ਧਰਮਯੁੱਧ ਮੋਰਚਾ ਲਾਇਆ।
ਧਰਮਯੁੱਧ ਮੋਰਚੇ ਦੀ ਇੱਕ ਪ੍ਰਮੁੱਖ ਮੰਗ ਇਹ ਸੀ ਕਿ ਕਾਨੂੰਨ ਅਨੁਸਾਰ ਨਿਬੇੜਨ ਲਈ ਪਾਣੀ ਦਾ ਮਸਲਾ ਸੁਪਰੀਮ ਕੋਰਟ ਦੇ ਹਵਾਲੇ ਕੀਤਾ ਜਾਵੇ। ਇਹ ਮੰਗ ਕਦੇ ਵੀ ਨਹੀਂ ਮੰਨੀ ਗਈ। ਹੁਣ ਜਦੋਂ ਸਾਰੇ ਕਾਨੂੰਨ ਉਲਟ ਪੁਲਟ ਕਰ ਦਿੱਤੇ ਗਏ ਹਨ ਤਾਂ ਜਾਪਦਾ ਹੈ ਕਿ ਇਹ ਕਾਰਵਾਈ ਸਰਕਾਰ ਦੇ ਜ਼ੇਰੇ ਗੌਰ ਹੈ।
ਅਦਾਲਤਾਂ ਵਿੱਚ ਯਤੀਮ ਸੂਬੇ ਦੇ ਪਾਣੀ ਦੇ ਮਸਲੇ ਨਾਲ ਬੀਤੀ ਕਥਾ ਵੀ ਮੌਜੂਦਾ ਭਾਰਤੀ ਤਾਰੀਖ ਦੀ ਇੱਕ ਵਚਿੱਤਰ ਕਥਾ ਹੈ। 1976 ਵਾਲੇ ਫੈਸਲੇ ਵਿਰੁੱਧ ਜਨਵਰੀ 1982 ਵਿੱਚ ਚਾਰ-ਪੰਜ ਅਰਜ਼ੀਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਧਾਰਾ 226 ਅਧੀਨ ਪਾਈਆਂ ਗਈਆਂ। ਇਨ੍ਹਾਂ ਵਿੱਚ ਖਾਸ ਤੌਰ ’ਤੇ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 ਅਤੇ 80 ਨੂੰ ਵੰਗਾਰਿਆਂ ਗਿਆ ਸੀ। ਨਵੰਬਰ 1983 ਯਾਨੀ ਪੂਰੇ ਦੋ ਸਾਲ ਇਹ ਕਈ ਜੱਜਾਂ ਕੋਲ ਪੇਸ਼ ਹੋਈਆਂ, ਪਰ ਕਿਸੇ ਨੇ ਇਨ੍ਹਾਂ ਨੂੰ ਦਾਖ਼ਲ ਨਾ ਕੀਤਾ ਅਤੇ ਅਗਾਂਹ ਧੱਕ ਦਿੱਤਾ। ਇੱਕ ਨਵੰਬਰ ਨੂੰ ਇਹ ਮਸਲਾ ਚੀਫ ਜਸਟਿਸ ਸੰਧਵਾਲੀਆ ਅਤੇ ਜਸਟਿਸ ਸੋਢੀ ਕੋਲ ਪੇਸ਼ ਹੋਇਆ। ਉਨ੍ਹਾਂ ਇਨ੍ਹਾਂ ਨੂੰ ਦਾਖਲ ਕਰਕੇ 15 ਨਵੰਬਰ 1983 ਸੁਣਵਾਈ ਲਈ ਨੀਯਤ ਕਰ ਦਿੱਤੀ।
ਬਿਜਲੀ ਦੀ ਫੁਰਤੀ ਨਾਲ ਕਈ ਸੂਬਿਆਂ ਨੇ ਇਸ ਦਾਖਲੇ ਅਤੇ ਸੁਣਵਾਈ ਵਿਰੁੱਧ ਅਰਜ਼ੀਆਂ ਦਿੱਤੀਆਂ। ਸੁਪਰੀਮ ਕੋਰਟ ਨੇ ਸੁਣਵਾਈ ਰੋਕਣ ਅਤੇ ਦਾਖਲਾ ਖਾਰਜ ਕਰਨ ਤੋਂ ਇਨਕਾਰ ਕਰ ਦਿੱਤਾ। ਇਉਂ ਤਿੰਨ ਵਾਰੀ ਹੋਇਆ। ਇਧਰ ਸੁਣਵਾਈ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ। ਸੰਧਾਵਾਲੀਆਂ, ਸੋਢੀ ਅਤੇ ਮਿੱਤਲ ਉੱਤੇ ਅਧਾਰਿਤ ਫੁਲ ਬੈਂਚ ਬਣਾ ਦਿੱਤਾ ਗਿਆ। ਪਰ ਵੇਖੋ ਟੂਟੀ ਕਹਾਂ ਕਮੰਦਾ। ਪੰਦਰਾਂ ਦੀ ਸੁਣਵਾਈ ਤੋਂ ਇੱਕ ਦਿਨ ਪਹਿਲਾਂ ਅਟਾਰਨੀ ਜਨਰਲ ਨੇ ਹਿੰਦੁਸਤਾਨ ਦੇ ਚੀਫ ਜਸਟਿਸ ਦੇ ਪੇਸ਼ ਹੋ ਕੇ ਇਸ ਮਾਮਲੇ ਸਬੰਧੀ ਜ਼ਬਾਨੀ ਬੇਨਤੀ ਕੀਤੀ ਕਿ ਸੁਣਵਾਈ ਰੋਕੀ ਜਾਵੇ। ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਝੱਟ ਕਾਰਵਾਈ ਰੋਕ ਦਿੱਤੀ। ਸਵੇਰੇ ਇਹ ਭਾਣਾ ਵਰਤਿਆ ਅਤੇ ਬਾਅਦ ਦੁਪਹਿਰ ਚੀਫ ਜਸਟਿਸ ਸੰਧਾਵਾਲੀਆ ਨੂੰ ਪੰਜਾਬ ਤੋਂ ਬਦਲ ਕੇ ਪਟਨਾ ਭੇਜ ਦਿੱਤਾ ਗਿਆ। ਕਾਨੂੰਨ ਦਾ ‘ਅਬਰੇ ਰਹਿਮਤ ਯੋਂ ਬਰਸਾ ਕਿ ਤੂਫਾਂ ਬਨ ਗਯਾਂ’। 18 ਨਵੰਬਰ 1983 ਨੂੰ ਸੁਪਰੀਮ ਕੋਰਟ ਨੇ ਹਾਈਕੋਰਟ ਦੇ ਮੁਕੱਦਮਾ ਦਾਖਲ ਕਰਨ ਦੇ ਹੁਕਮ ਵਿਰੁੱਧ ਸਪੈਸ਼ਲ ਆਗਿਆ ਅਰਜ਼ੀ ਮਨਜ਼ੂਰ ਕਰ ਲਈ ਅਤੇ ਸੰਵਿਧਾਨ ਦੀ ਧਾਰਾ 139 ਦੇ ਅਧੀਨ ਪਾਣੀ ਸਬੰਧੀ ਦਾਖਲ ਹੋਏ ਸਾਰੇ ਮੁਕੱਦਮੇ ਪੰਜਾਬ ਹਾਈਕੋਰਟ ਵਿੱਚੋਂ ਖਿੱਚ ਲਏ ਅਤੇ ਸੁਪਰੀਮ ਕੋਰਟ ਵਿੱਚ ਲੈ ਲਏ। ਇਹ ਵਿਚਾਰਨਯੋਗ ਹੀ ਨਹੀਂ ਸਮਝਿਆ ਕਿ ਧਾਰਾ 139 ਏ ਤਾਂ ਲਾਗੂ ਹੀ ਤਾਂ ਹੁੰਦੀ ਹੈ ਜੇ ਦੋ ਅਦਾਲਤਾਂ ਵਿੱਚ ਇੱਕੋ ਜਿਹੇ ਮੁਕੱਦਮੇ ਹੋਣ ਅਤੇ ਪਰਸਪਰ ਵਿਰੋਧੀ ਫੈਸਲੇ ਆਉਣ ਦੀ ਸੰਭਾਵਨਾ ਹੋਵੇ। ਮੁਕੱਦਮੇ ਇਕੱਲੇ ਪੰਜਾਬ ਹਾਈਕੋਰਟ ਵਿੱਚ ਸਨ। ਸਿਰੇ ਦੀ ਗੱਲ ਇਹ ਕਿ ਮੁਕੱਦਮੇ ਬਦਲਣ ਸਬੰਧੀ ਸੁਪਰੀਮ ਕੋਰਟ ਨੇ ਆਪੇ ਕਾਨੂੰਨ ਬਣਾਇਆ ਹੈ ਕਿ ਪਹਿਲਾਂ ਮੁਦੱਈ ਧਿਰ ਨੂੰ ਨੋਟਿਸ ਦੇਣਾ ਲਾਜ਼ਮੀ ਹੈ। ਇਸ ਨਿਯਮ ਨੂੰ ਛਿੱਕੇ ਟੰਗ ਕੇ ਵਿਰੋਧੀਆਂ ਦੀ ਪਿੱਠ ਪਿੱਛੇ ਹੀ ਕਾਰਵਾਈ ਮੁਕੰਮਲ ਕਰ ਲਈ ਗਈ। ‘‘ਬਾਗਬਾਂ ਨੇ ਆਗ ਦੀ ਜਬ ਆਸ਼ਿਆਨੇ ਕੋ ਮਿਰੇ, ਜਿਨ ਪੇ ਤਕੀਆ ਥਾ ਵਹੀ ਪੱਤੇ ਹਵਾ ਦੇਨੇ ਲਗੇ।’’
ਪੰਜਾਬ ਨੂੰ ਪਾਣੀ ਦੇ ਤੁਪਕੇ-ਤੁਪਕੇ ਦੀ ਲੋੜ ਹੈ। ਪੰਜਾਬ ਕੋਲ ਕੇਵਲ 325 ਲੱਖ ਏਕੜ ਫੁੱਟ ਪਾਣੀ ਹੈ। ਇਹ ਸਾਰਾ ਵਰਤ ਕੇ ਵੀ ਪੰਜਾਬ ਦੀ ਕਾਫੀ ਜ਼ਮੀਨ ਬੰਜਰ ਰਹਿੰਦੀ ਹੈ। ਵਿਗਿਆਨੀਆਂ, ਖੇਤੀ ਮਾਹਿਰਾਂ ਦੀਆਂ ਹਜ਼ਾਰਾਂ ਖੋਜਾਂ ਉਤੇ ਅਧਾਰਿਤ ਵਿਚਾਰ ਬਣਦਾ ਹੈ ਕਿ ਗਵਾਂਢੀਆਂ ਨੂੰ ਪਾਣੀ ਦੇ ਕੇ ਪੰਜਾਬ ਬੰਜਰ ਅਤੇ ਬਰਬਾਦ ਹੋ ਜਾਵੇਗਾ। ਕਿਸੇ ਗਵਾਂਢੀ ਦਾ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਉੱਤੇ ਵੀ ਕੋਈ ਕਾਨੂੰਨੀ ਹੱਕ ਨਹੀਂ ਬਣਦਾ। ਫੇਰ ਵੀ ਪੰਜਾਬ ਦਿਨ-ਦਿਹਾੜੇ ਲੁੱਟਿਆ ਜਾ ਰਿਹਾ ਹੈ, ਬਰਬਾਦ ਕੀਤਾ ਜਾ ਰਿਹਾ ਹੈ। ਲਹੂ ਦਾ ਛੇਵਾਂ ਦਰਿਆ ਵਗਾਇਆ ਜਾ ਰਿਹਾ ਹੈ ਤਾਂ ਕਿ ਐਸ.ਵਾਈ.ਐਲ. ਹਿੱਕ ਦੇ ਧੱਕੇ ਨਾਲ ਚਲਾਈ ਜਾ ਸਕੇ। ਇਸ ਨਗਾਰਖਾਨੇ ਵਿੱਚ ਕੀ ਵਾਹ ਲਾਈਏ ? ਸਾਡੇ ਕੀਰਨੇ ਵੀ ਕੋਈ ਨਹੀਂ ਸੁਣਦਾ। ਸਮਤਾ, ਸਹਿਣਸ਼ੀਲਤਾ, ਭਾਈਚਾਰੇ ਦੇ ਫੋਕੇ ਗੀਤ ਗਾਉਣ ਵਾਲਿਓ, ਕੀ ਇਹੇ ਵਾਸਤੇ ਆਜ਼ਾਦੀ ਲਈ ਸੀ ਕਿ ਆਪਣਿਆਂ ਉੱਤੇ ਰੱਜ ਕੇ ਤੱਦੀ ਕਰ ਸਕੋ?
ਕੀ ਸੁਪਰੀਮ ਕੋਰਟ ਕੋਲ ਮਾਮਲਾ ਸੌਪਣ ਨਾਲ ਅਜੇ ਵੀ ਮਸਲੇ ਦਾ ਕੋਈ ਸਥਾਈ ਹੱਲ ਲੱਭਿਆ ਜਾ ਸਕਦਾ ਹੈ? ਜੁਆਬ ਹੈ : ‘ਨਹੀਂ’। ਲੌਗੋਵਾਲ-ਰਾਜੀਵ ਸਮਝੌਤੇ ਦੇ ਬਹਾਨੇ ਕਾਨੂੰਨ ਦਾ ਹੁਲੀਆ ਇਸ ਹੱਦ ਤੱਕ ਵਿਗਾੜ ਦਿੱਤਾ ਗਿਆ ਹੈ ਕਿ ਸੁਪਰੀਮ ਕੋਰਟ ਚਾਹੁੰਦਿਆਂ ਹੋਇਆ ਵੀ ਨਿਆਂ ਕਰਨ ਦੇ ਸਮਰੱਥ ਨਹੀਂ ਰਿਹਾ। ਹੁਣ ਤਾਂ ਇਹੋ ਵਾਜਬ ਹੈ ਕਿ ਪਿਛਲੇ 37 ਸਾਲਾਂ ਵਿੱਚ ਠੋਸੇ ਸਾਰੇ ਗੈਰ ਕਾਨੂੰਨੀ ਸਮਝੌਤੇ ਰੱਦ ਕੀਤੇ ਜਾਣ ਅਤੇ ਪੰਜਾਬ ਦੇ ਪਾਣੀਆਂ ਉੱਤੇ ਪੰਜਾਬ ਦਾ ਮੁਕੰਮਲ ਹੱਕ ਤਸਲੀਮ ਕੀਤਾ ਜਾਵੇ। 1950 ਵਾਲੀ ਹਾਲਤ ਨੂੰ ਲਾਗੂ ਕੀਤਾ ਜਾਵੇ ਅਤੇ ਸਾਦ-ਮੁਰਾਦੇ ਨਿਰਛੱਲ ਪੰਜਾਬ ਨੂੰ ਕਾਨੂੰਨੀ ਗੋਰਖਧੰਦੇ ਤੋਂ ਬਚਾਇਆ ਜਾਵੇ। ਏਦੋਂ ਘੱਟ ਜੇ ਕੋਈ ਕੁੱਝ ਵੀ ਕਰਨ ਨੂੰ ਕਹਿੰਦਾ ਹੈ ਤਾਂ ਉਹ ਦਾ ਮਨ ਸਾਫ ਨਹੀਂ। ‘‘ਬਗਲ ਮੇਂ ਛੁਰੀ ਮੁਖ ਮੇਂ ਰਾਮ-ਰਾਮ’’ ਬਹੁਤ ਦੇਰ ਚੱਲ ਚੁੱਕਿਆ ਹੈ, ਹੁਣ ਇਸ ਨੂੰ ਛੱਡਣਾ ਯੋਗ ਹੈ।
ਗੁਰਤੇਜ ਸਿੰਘ (ਆਈ ਏ ਐਸ)
ਪ੍ਰੋ. ਆਫ ਸਿੱਖਇਜ਼ਮ
Share to other apps